Oct 15, 2026 2:02 PM - Connect Newsroom - Jasmine Singh

ਮੁੰਬਈ ਪੁਲਿਸ ਨੇ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਐਕਟ ਦੀਆਂ ਧਾਰਾਵਾਂ ਦੀ ਕਥਿਤ ਉਲੰਘਣਾ ਕਰਨ ਬਦਲੇ ਅਮਰੀਕੀ ਨਾਗਰਿਕ ਅਤੇ ਬਾਲੀਵੁੱਡ ਅਦਾਕਾਰ ਇਮਰਾਨ ਖ਼ਾਨ ਨੂੰ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਅਦਾਕਾਰ, ਜੋ ਕਿ ਸੁਪਰਸਟਾਰ ਅਮੀਰ ਖ਼ਾਨ ਦਾ ਭਤੀਜਾ ਹੈ, ਵੱਲੋਂ 10 ਅਕਤੂਬਰ ਨੂੰ ਮੁੰਬਈ ਵਿੱਚ ਇੱਕ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਤੋਂ ਬਾਅਦ ਹੋਈ ਹੈ, ਜਿੱਥੇ ਪ੍ਰਦਰਸ਼ਨਕਾਰੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ।ਮੁਜ਼ਾਹਰੇ ਦੌਰਾਨ ਪੁਲਿਸ ਨੇ ਅਦਾਕਾਰ ਨੂੰ ਕੁਝ ਸਮੇਂ ਲਈ ਹਿਰਾਸਤ ਵਿੱਚ ਵੀ ਲਿਆ ਸੀ।
ਇੱਕ ਪੁਲਿਸ ਅਧਿਕਾਰੀ ਨੇ ਕਿਹਾ, "ਇਮਰਾਨ ਖ਼ਾਨ ਵਿਦੇਸ਼ੀ ਨਾਗਰਿਕਤਾ ਰੱਖਦੇ ਹਨ ਅਤੇ ਉਹ ਭਾਰਤੀ ਨਾਗਰਿਕ ਨਹੀਂ ਹਨ। ਵਿਦੇਸ਼ੀ/ਇਮੀਗ੍ਰੇਸ਼ਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ, ਵਿਦੇਸ਼ੀ ਨਾਗਰਿਕਾਂ ਦੇ ਭਾਰਤੀ ਧਰਤੀ 'ਤੇ ਸਿਆਸੀ ਵਿਰੋਧ ਪ੍ਰਦਰਸ਼ਨਾਂ ਜਾਂ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਪਾਬੰਦੀ ਹੈ।"




