Sep 4, 2026 4:17 PM - Connect Newsroom - Jasmine Singh

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
ਇਸ ਪਟੀਸ਼ਨ ਵਿੱਚ ਜੋਗਾ ਵੱਲੋਂ 29 ਮਈ 2022 ਨੂੰ ਮਾਨਸਾ ਦੇ ਸਿਟੀ-1 ਪੁਲਿਸ ਸਟੇਸ਼ਨ ਵਿਚ ਦਰਜ ਕੀਤੇ ਗਏ ਕਤਲ ਅਤੇ ਹੋਰ ਧਾਰਾਵਾਂ ਤਹਿਤ ਜ਼ਮਾਨਤ ਦੀ ਮੰਗ ਕੀਤੀ ਜਾ ਰਹੀ ਸੀ। ਅਦਾਲਤ ਨੇ ਆਪਣੀ ਟਿੱਪਣੀ ਵਿੱਚ ਕਿਹਾ ਕਿ ਮੂਸੇ ਵਾਲਾ ਕਤਲ ਮਾਮਲੇ ਵਿੱਚ ਜੋਗਾ ਨੇ ਨਾ ਸਿਰਫ਼ ਹਮਲਾਵਰਾਂ ਨੂੰ ਪਨਾਹ ਦਿੱਤੀ, ਸਗੋਂ ਆਪਣੇ ਇੱਕ ਸਾਥੀ ਨੂੰ ਹਥਿਆਰ ਵੀ ਮੁਹੱਈਆ ਕਰਵਾਇਆ ਸੀ।
ਅਦਾਲਤ ਨੇ ਮੰਨਿਆ ਕਿ ਜੇਕਰ ਉਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਸ ਦੇ ਸਬੂਤਾਂ ਨਾਲ ਛੇੜਛਾੜ ਕਰਨ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਪੂਰੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ 29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।




