Sep 4, 2026 5:45 PM - Connect Newsroom - Ramandeep Kaur

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
ਇਸ ਕਾਨੂੰਨੀ ਨੋਟਿਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ 24 ਘੰਟਿਆਂ ਦੇ ਅੰਦਰ ਕਥਿਤ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਹਟਾਉਣ ਅਤੇ ਵਾਪਸ ਲੈਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਅਜਿਹੀ ਸਮੱਗਰੀ ਨੂੰ ਦੁਬਾਰਾ ਤਿਆਰ ਜਾਂ ਪ੍ਰਸਾਰਿਤ ਨਾ ਕਰਨ ਅਤੇ ਡਾ. ਗੁਰਪ੍ਰੀਤ ਕੌਰ ਤੋਂ ਲਿਖਤੀ ਅਤੇ ਜਨਤਕ ਤੌਰ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਵੀ ਕੀਤੀ ਗਈ ਹੈ।
ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਇਸ ਨੋਟਿਸ ਦਾ ਕੋਈ ਜਵਾਬ ਨਹੀਂ ਦੇਣਗੇ। ਉਨ੍ਹਾਂ ਨੇ ਚੁਣੌਤੀ ਦਿੱਤੀ ਕਿ ਉਹਨਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਜਾਂ ‘ਪੁਲਿਸ ਸਟੇਟ’ ਜੋ ਵੀ ਕਾਰਵਾਈ ਕਰ ਸਕਦੀ ਹੈ, ਕਰ ਲਵੇ। ਉਨ੍ਹਾਂ ਨੇ ਫੇਸਬੁੱਕ ’ਤੇ ਲਾਈਵ ਆ ਕੇ ਨੋਟਿਸ ਦੀ ਕਾਪੀ ਵੀ ਪਾੜ ਦਿੱਤੀ।




