Oct 14, 2026 5:25 PM - Connect Newsroom - Jasmine Singh with files from The Canadian Press

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਸ਼ਨੀਵਾਰ ਤੋਂ ਭਾਰਤ ਅਤੇ ਉਜ਼ਬੇਕਿਸਤਾਨ ਦੇ ਪੰਜ ਦਿਨਾਂ ਦੌਰੇ ’ਤੇ ਰਵਾਨਾ ਹੋਣਗੇ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੌਰੇ ਦੌਰਾਨ ਊਰਜਾ ਸਹਿਯੋਗ ਬਾਰੇ ਚਰਚਾ ਕੀਤੀ ਜਾਵੇਗੀ। ਵਿਦੇਸ਼ ਵਿਭਾਗ ਮੁਤਾਬਕ, ਰੂਬੀਓ ਉਜ਼ਬੇਕਿਸਤਾਨ ਦੇ ਸਮਰਕੰਦ ਅਤੇ ਭਾਰਤ ਦੇ ਮੁੰਬਈ ਤੇ ਜਾਮਨਗਰ ਦਾ ਦੌਰਾ ਕਰਨਗੇ।
ਭਾਰਤ ਵਿੱਚ ਉਹ ਸਰਕਾਰੀ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਖੇਤਰੀ ਅਤੇ ਵਿਸ਼ਵ ਪੱਧਰੀ ਮੁੱਦਿਆਂ ’ਤੇ ਵਿਚਾਰ ਸਾਂਝੇ ਕਰਨਗੇ ਅਤੇ ਊਰਜਾ ਸਹਿਯੋਗ ਵਧਾਉਣ ਦੀਆਂ ਸੰਭਾਵਨਾਵਾਂ ’ਤੇ ਗੱਲਬਾਤ ਕਰਨਗੇ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਅਮਰੀਕਾ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀਆਂ ਕੋਸ਼ਿਸ਼ਾਂ ਮੁੜ ਰੁਕ ਗਈਆਂ ਹਨ। ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਇਸ ਬਾਰੇ ਸੰਕੇਤ ਦਿੱਤੇ ਸਨ।




