Aug 13, 2026 7:16 PM - Connect Newsroom - Ramandeep Kaur

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਔਟਵਾ ਵਿਚ ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਨੈਸ਼ਨਲ ਕੌਂਸਲ ਆਫ਼ ਕੈਨੇਡੀਅਨ ਮੁਸਲਿਮਜ਼, ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ, ਹਿੰਦੂਜ਼ ਫਾਰ ਹਿਊਮਨ ਰਾਈਟਸ ਅਤੇ ਜਸਟਿਸ ਫਾਰ ਆਲ ਕੈਨੇਡਾ ਦੇ ਲੀਡਰਸ ਨੇ ਪਬਲਿਕ ਸੇਫਟੀ ਮੰਤਰੀ ਗੈਰੀ ਆਨੰਦਸੰਗਰੀ ਨੂੰ ਮੈਸੇਜ ਦਿੰਦੇ ਹੋਏ ਮੋਹਨ ਭਾਗਵਤ ਨੂੰ ਕੈਨੇਡਾ ਵਿਚ ਪ੍ਰਵੇਸ਼ ਕਰਨ ਦੇ ਅਯੋਗ ਘੋਸ਼ਿਤ ਕਰਨ ਦੀ ਮੰਗ ਕੀਤੀ। ਨਿਊ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਮੈਂਬਰ ਹੀਥਰ ਮੈਕਫਰਸਨ ਨੇ ਵੀ ਇਸ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਕੈਨੇਡਾ ਸਰਕਾਰ ਗਲਤ ਦਿਸ਼ਾ ਵੱਲ ਵਧ ਰਹੀ ਹੈ, ਜਿਥੇ ਉਸ ਵਲੋਂ ਮਨੁੱਖੀ ਅਧਿਕਾਰਾਂ ਨਾਲੋਂ ਵਪਾਰ ਨੂੰ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
ਦੂਜੇ ਪਾਸੇ, ਕੁਝ ਇੰਡੋ-ਕੈਨੇਡੀਅਨ ਸੰਗਠਨਾਂ ਦਾ ਕਹਿਣਾ ਹੈ ਕਿ ਭਾਗਵਤ ਦਾ 31 ਅਗਸਤ ਅਤੇ 1 ਸਤੰਬਰ ਨੂੰ ਟੋਰੌਂਟੋ ਵਿਚ ਹੋਣ ਵਾਲਾ ਪ੍ਰੋਗਰਾਮ ਕੇਵਲ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਹੈ। ਫਿਲਹਾਲ ਕੈਨੇਡਾ ਸਰਕਾਰ ਵੱਲੋਂ ਉਨ੍ਹਾਂ ਦੇ ਵੀਜ਼ੇ ਜਾਂ ਐਂਟਰੀ ਨੂੰ ਲੈ ਕੇ ਕੋਈ ਅਧਿਕਾਰਤ ਫੈਸਲਾ ਸਾਹਮਣੇ ਨਹੀਂ ਆਇਆ ਹੈ।




