Aug 21, 2026 2:48 PM - Connect Newsroom - Ramandeep Kaur

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
ਮਜੀਠੀਆ ਨੇ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਵਾਦ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਰਾਹ ਵੱਖ-ਵੱਖ ਹੋ ਗਏ ਸਨ, ਪਰ ਅੱਜ ਪੰਜਾਬ ਦੀਆਂ ਸਥਿਤੀਆਂ ਬਦਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਹੋਰ ਗੰਭੀਰ ਮੁੱਦਿਆਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇਹ ਮੰਗ ਕਰ ਰਹੇ ਹਨ ਕਿ ਦੋਵਾਂ ਧਿਰਾਂ ਨੂੰ ਮੁੜ ਇੱਕ ਨਾਲ ਆਉਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਵੀ ਬੀਤੇ ਦਿਨ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਵਿਕਾਸ, ਪ੍ਰਗਤੀ ਅਤੇ ਲੋਕਾਂ ਦੀ ਭਲਾਈ ਲਈ ਜੋ ਗੱਠਜੋੜ ਪਹਿਲਾਂ ਮਦਦਗਾਰ ਸਾਬਤ ਹੋਏ ਸਨ, ਉਨ੍ਹਾਂ ਨੂੰ ਮੁੜ ਸੁਰਜੀਤ ਕੀਤਾ ਜਾਣਾ ਚਾਹੀਦਾ ਹੈ।




