Oct 9, 2026 4:35 PM - Connect Newsroom - Ramandeep Kaur with files from The Canadian Press

ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਭਾਰਤ ਵਲੋਂ 26 ਜਨਵਰੀ 2027 ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਮੁੱਖ ਮਹਿਮਾਨ ਵਜੋਂ ਸੱਦਾ ਦੇਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਹ ਖ਼ਬਰਆਂ ਉਸ ਸਮੇਂ ਆਈਆਂ ਹਨ ਜਦੋਂ ਦੋਵੇਂ ਦੇਸ਼ ਸਾਲ 2026 ਦੇ ਅੰਤ ਤੱਕ ਫ੍ਰੀ ਟ੍ਰੇਡ ਐਗਰੀਮੈਂਟ ਨੂੰ ਅੰਤਿਮ ਰੂਪ ਦੇਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਹਾਲਾਂਕਿ, ਪ੍ਰਧਾਨ ਮੰਤਰੀ ਕਾਰਨੀ ਨੂੰ ਸੱਦਾ ਦਿੱਤੇ ਜਾਣ ਦਾ ਪ੍ਰਸਤਾਵ ਅਜੇ ਬਹੁਤ ਸ਼ੁਰੂਆਤੀ ਪੜਾਅ 'ਤੇ ਹੈ। ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਆਈ ਦਰਾੜ ਤੋਂ ਬਾਅਦ ਕਾਰਨੀ ਦੇ ਸੱਤਾ ਵਿਚ ਆਉਣ ਮਗਰੋਂ ਹੀ ਦੁਵੱਲੇ ਸਬੰਧਾਂ ਵਿਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ।
ਵਪਾਰਕ ਅਤੇ ਰਣਨੀਤਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਇਸੇ ਸਾਲ ਦਸੰਬਰ ਵਿਚ ਕੈਨੇਡਾ ਆਉਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਵਿਚਕਾਰ ਹਾਲ ਹੀ ਵਿਚ ਅੱਤਵਾਦ, ਸੰਗਠਿਤ ਅਪਰਾਧ ਅਤੇ ਅਪਰਾਧੀਆਂ ਦੀ ਹਵਾਲਗੀ ਵਰਗੇ ਮੁੱਦਿਆਂ 'ਤੇ ਸਹਿਯੋਗ ਵਧਾਉਣ ਲਈ ਬੈਠਕਾਂ ਹੋਈਆਂ ਹਨ।




