Oct 2, 2026 4:28 PM - Connect Newsroom - Jasmine Singh

ਪੰਜਾਬ ਦੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਭਾਰਤੀ ਹਾਕੀ ਕਪਤਾਨ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਇਹ ਫ਼ੈਸਲਾ ਪੰਜਾਬ ਕਾਂਗਰਸ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਅੰਦਰੂਨੀ ਮਤਭੇਦਾਂ ਦਰਮਿਆਨ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਜਾ ਵੜਿੰਗ ਦੀ ਥਾਂ ਨਵਾਂ ਪ੍ਰਧਾਨ ਲਾਉਣ ਦੀ ਚਰਚਾ ਪਿਛਲੇ ਕੁਝ ਦਿਨਾਂ ਤੋਂ ਤੇਜ਼ ਸੀ।
ਪਰਗਟ ਸਿੰਘ ਤੋਂ ਇਲਾਵਾ ਵਿਜੈਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂਆਂ ਦੇ ਨਾਂ ਵੀ ਚਰਚਾ ਵਿੱਚ ਰਹੇ ਸਨ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੂਬੇ ਦੇ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਹਾਈਕਮਾਨ ਨੂੰ ਰਿਪੋਰਟ ਸੌਂਪੀ ਗਈ ਸੀ।




