Jul 21, 2022 3:17 PM - ANI

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਠੀਕ ਨਾ ਹੋਣ ਕਾਰਨ ਬੁੱਧਵਾਰ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ। ਸੂਤਰਾਂ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਰਿਪੋਰਟਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੇਟ ਵਿਚ ਦਰਦ ਸੀ।
ਦਿੱਲੀ ਦੇ ਅਪੋਲੋ ਹਸਪਤਾਲ ਵਿਚ ਡਾਕਟਰਾਂ ਨੇ ਉਨ੍ਹਾਂ ਦੀ ਇਨਫੈਕਸ਼ਨ ਦਾ ਇਲਾਜ ਕੀਤਾ।
ਗੌਰਤਲਬ ਹੈ ਕਿ ਅੰਮ੍ਰਿਤਸਰ ਨੇੜੇ ਪੁਲਿਸ ਮੁਕਾਬਲੇ ਵਿਚ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਦੇ ਮਾਰੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਮਾਨ ਨੇ ਸੂਬੇ ਵਿਚ ਗੈਂਗਸਟਰਾਂ ਵਿਰੁੱਧ ਸਫਲਤਾਪੂਰਵਕ ਮੁਹਿੰਮ ਚਲਾਉਣ ਲਈ ਪੁਲਿਸ ਅਤੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਵਧਾਈ ਦਿੱਤੀ।
ਮਾਰੇ ਗਏ ਗੈਂਗਸਟਰਾਂ ਦੀ ਪਛਾਣ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਮੁਕਾਬਲੇ ਤੋਂ ਬਾਅਦ ਇੱਕ ਏ. ਕੇ. 47 ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੈਸਲਾਕੁੰਨ ਜੰਗ ਚਲਾਈ ਹੋਈ ਹੈ ਅਤੇ ਵਚਨਬੱਧਤਾ ਅਨੁਸਾਰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿਚ ਗੈਂਗਸਟਰ ਵਿਰੋਧੀ ਮੁਹਿੰਮ ਵਿਚ ਵੱਡੇ ਪੱਧਰ 'ਤੇ ਸਫਲਤਾ ਹਾਸਲ ਕੀਤੀ ਹੈ।




