Aug 16, 2022 3:55 PM - ANI

ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਲੰਪੀ ਸਕਿਨ ਡਿਜ਼ੀਜ਼ ਕਾਰਨ ਹੋ ਰਹੇ ਨੁਕਸਾਨ ਵੱਲ ਧਿਆਨ ਨਾ ਦੇਣ ਲਈ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਅਤੇ ਪਸ਼ੂ ਪਾਲਕਾਂ ਲਈ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਲੰਪੀ ਸਕਿਨ ਦੀ ਬਿਮਾਰੀ ਪੰਜਾਬ ਵਿਚ ਪਸ਼ੂ ਧਨ ਨੂੰ ਤਬਾਹ ਕਰ ਰਹੀ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਸੈਂਕੜੇ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਇਸ ਛੂਤ ਵਾਲੀ ਬਿਮਾਰੀ ਨਾਲ ਬੁਰੀ ਤਰ੍ਹਾਂ ਸੰਕ੍ਰਮਿਤ ਹਨ, ਜਿਸ ਨਾਲ ਸਾਡੇ ਕਿਸਾਨਾਂ ਅਤੇ ਡੇਅਰੀ ਮਾਲਕਾਂ ਨੂੰ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।
ਟਵੀਟ ਵਿਚ ਪੰਜਾਬ ਦੀ 'ਆਪ' ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਸੂਬਾ ਸਰਕਾਰ ਇਸ ਨੂੰ ਰੋਕਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਇਸ ਸਬੰਧੀ ਇੱਕ ਸੂਚੀ ਸੌਂਪੀ ਹੈ, ਜਿਸ ਵਿਚ ਪਸ਼ੂ ਪਾਲਕਾਂ ਨੂੰ ਹੋਏ ਨੁਕਸਾਨ ਲਈ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।
ਇੱਕ ਹੋਰ ਟਵੀਟ ਵਿਚ ਉਨ੍ਹਾਂ ਨੇ ਕੇਂਦਰੀ ਪਸ਼ੂ ਪਾਲਣ ਤੇ ਡੇਅਰੀ ਮੰਤਰੀ ਪਰਸ਼ੋਤਮ ਰੁਪਾਲਾ ਨੂੰ ਕੇਂਦਰੀ ਟੀਮਾਂ ਭੇਜ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਪਸ਼ੂਆਂ ਦਾ ਟੀਕਾਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੱਟੋ-ਘੱਟ ਪ੍ਰਤੀ ਪਸ਼ੂ 50 ਹਜ਼ਾਰ ਦਾ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ।




