May 31, 2022 3:20 PM - ANI

ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪਹਿਲੀ ਗ੍ਰਿਫਤਾਰੀ ਕੀਤੇ ਜਾਣ ਦੀ ਖ਼ਬਰ ਹੈ। ਸੂਤਰਾਂ ਮੁਤਾਬਕ, ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਹਿਰਾਸਤ ਵਿਚ ਲਏ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਇੱਕ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਸੁਰੱਖਿਆ ਘੇਰੇ ਵਿਚ ਕਟੌਤੀ ਕੀਤੀ ਸੀ।
ਬੀਤੇ ਸੋਮਵਾਰ ਪੰਜਾਬ ਪੁਲਿਸ ਨੇ ਮੂਸੇਵਾਲਾ ਦੇ ਕਤਲ ਦੇ ਸਬੰਧ ਵਿਚ ਦੇਹਾਰਦੂਨ ਦੇ ਪਲੇਯਿਨ ਪੁਲਿਸ ਚੌਕੀ ਏਰੀਏ ਤੋਂ 6 ਲੋਕ ਹਿਰਾਸਤ ਵਿਚ ਲਏ ਸਨ। ਕੈਨੇਡਾ ਵਿਚ ਬੈਠੇ ਗੋਲਡੀ ਬਰਾੜ ਵੱਲੋਂ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀ ਤਿਹਾੜ ਜੇਲ੍ਹ ਵਿਚ ਬੰਦ ਲੋਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਸ਼ੁਰੂ ਕੀਤੀ ਹੈ। ਬਰਾੜ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਹੈ, ਜੋ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਦੱਸਿਆ ਜਾਂਦਾ ਹੈ। ਸਿੱਧੂ ਮੂਸੇਵਾਲਾ ਦਾ ਅੱਜ ਉਨ੍ਹਾਂ ਦੇ ਮਾਨਸਾ ਜ਼ਿਲ੍ਹੇ ਵਿਚ ਪੈਂਦੇ ਜੱਦੀ ਪਿੰਡ ਮੂਸਾ ਵਿਚ ਅੰਤਿਮ ਸਸਕਾਰ ਕੀਤਾ ਗਿਆ।




