May 19, 2022 2:10 PM - ANI

ਕਾਂਗਰਸ ਆਗੂ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਮਾਮਲੇ ਵਿਚ ਉਨ੍ਹਾਂ ਨੂੰ ਜੁਰਮਾਨੇ ਦੇ ਨਾਲ-ਨਾਲ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। ਜਸਟਿਸ ਏ. ਐੱਮ. ਖਾਨਵਿਲਕਰ ਤੇ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਖਿਲਾਫ ਸਜ਼ਾ ਦੇ ਮੁੱਦੇ 'ਤੇ ਪਾਈ ਗਈ ਰਿਵਿਊ ਪਟੀਸ਼ਨ ਨੂੰ ਮਨਜ਼ੂਰੀ ਦਿੰਦੇ ਹੋਏ ਇਹ ਸਜ਼ਾ ਸੁਣਾਈ।
ਸਿੱਧੂ ਨੇ ਸੁਪਰੀਮ ਕੋਰਟ ਦੇ ਪੁਰਾਣੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਵਿਰੁੱਧ ਰੋਡ ਰੇਜ ਮਾਮਲੇ ਵਿਚ ਸਜ਼ਾ 'ਤੇ ਮੁੜ ਵਿਚਾਰ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਵਿਰੋਧ ਕੀਤਾ ਸੀ। ਸਿੱਧੂ ਦਾ ਕਹਿਣਾ ਸੀ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਕਿ ਪੀੜਤ ਦੀ ਮੌਤ ਰੋਡ ਰੇਜ ਮਾਮਲੇ ਵਿਚ ਇਕੋ ਮੁੱਕੇ ਨਾਲ ਹੋਈ ਸੀ।
ਗੌਰਤਲਬ ਹੈ ਕਿ ਸੁਪਰੀਮ ਕੋਰਟ ਦੇ ਪੁਰਾਣੇ ਹੁਕਮਾਂ ਵਿਚ ਸਿੱਧੂ ਨੂੰ ਹੱਤਿਆ ਦੇ ਦੋਸ਼ਾਂ ਤੋਂ ਬਰੀ ਕਰਦੇ ਹੋਏ 1,000 ਰੁਪਏ ਦਾ ਜੁਰਮਾਨਾ ਲਾ ਕੇ ਛੱਡ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਪਟਿਆਲਾ ਦੀ ਸੈਸ਼ਨ ਅਦਾਲਤ ਦੇ ਜੱਜ ਨੇ 22 ਸਤੰਬਰ 1999 ਨੂੰ ਸਿੱਧੂ ਅਤੇ ਉਸ ਦੇ ਸਾਥੀ ਨੂੰ ਇਸ ਕੇਸ ਵਿਚ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਇਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ, ਜਿਸ ਨੇ 2006 ਵਿਚ ਸਿੱਧੂ ਨੂੰ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਸਿੱਧੂ ਨੇ ਇਸ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ। 27 ਦਸੰਬਰ 1988 ਨੂੰ ਸਿੱਧੂ ਨੇ ਕਥਿਤ ਤੌਰ 'ਤੇ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।




