Feb 10, 2025 5:05 PM - Connect Newsroom

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਸਮਾਪਤ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕਰ ਦਿੱਤਾ ਗਿਆ ਹੈ।
ਰਿਪੋਰਟਸ ਮੁਤਾਬਕ, ਇਹ ਫ਼ੈਸਲਾ ਗਿਆਨੀ ਹਰਪ੍ਰੀਤ ਸਿੰਘ ਉੱਤੇ ਲੱਗੇ ਇਲਜ਼ਾਮਾਂ ਦੀ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ।
ਦਰਅਸਲ, ਗਿਆਨੀ ਹਰਪ੍ਰੀਤ ਸਿੰਘ ਉੱਤੇ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਵੱਲੋਂ ਇੱਕ ਪੁਰਾਣੇ ਮਾਮਲੇ ਵਿਚ ਗੰਭੀਰ ਇਲਜ਼ਾਮ ਲਾਏ ਗਏ ਸਨ। ਇਸ ਮਾਮਲੇ ਵਿਚ ਜਾਂਚ ਕਮੇਟੀ ਬਣਾ ਕੇ ਐੱਸਜੀਪੀਸੀ ਨੇ ਉਨ੍ਹਾਂ ਦੀਆਂ ਸੇਵਾਵਾਂ ਉੱਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਸੀ।
ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਆਪਣੇ ’ਤੇ ਲੱਗੇ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ। ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਸਾਲ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਬਤੌਰ ਪ੍ਰਚਾਰਕ ਭਰਤੀ ਹੋਏ ਸਨ।




